ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਆਸਾ ਬਾਣੀ ਭਗਤਾ ਕੀ ॥
ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥
ਆਸਾ ਸ੍ਰੀ ਕਬੀਰ ਜੀਉ ॥
ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥
ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥
ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥
ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥
ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥
ਆਪਾ ਪਦੁ ਨਿਰਬਾਣੁ ਨ ਚੀਨਿ੍ਹਆ ਇਨ ਬਿਧਿ ਅਭਿਉ ਨ ਚੂਕੇ ॥੨॥
ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥
ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥
ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥
ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥
ਆਸਾ ॥
ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥
ਗਲੀ ਜਿਨ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥
ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥
ਐਸੇ ਸੰਤ ਨ ਮੋ ਕਉ ਭਾਵਹਿ ॥
ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥
ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥
ਬਸੁਧਾ ਖੋਦਿ ਕਰਹਿ ਦੁਇ ਚੂਲੇ੍ਹ ਸਾਰੇ ਮਾਣਸ ਖਾਵਹਿ ॥੨॥
ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥
ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥
ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥
ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥
ਆਸਾ ॥
ਬਾਪਿ ਦਿਲਾਸਾ ਮੇਰੋ ਕੀਨ੍ਹਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨ੍ਹਾ ॥
ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥
ਆਗੈ ਗਇਆ ਨ ਬਾਜੀ ਹਾਰੀ ॥੧॥
ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥
ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥੧॥ ਰਹਾਉ ॥
ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥
ਪੰਚਾ ਤੇ ਮੇਰਾ ਸੰਗੁ ਚੁਕਾਇਆ ॥
ਪੰਚ ਮਾਰਿ ਪਾਵਾ ਤਲਿ ਦੀਨੇ ॥
ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥
ਪਿਤਾ ਹਮਾਰੋ ਵਡ ਗੋਸਾਈ ॥
ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥
ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥
ਜਗਤ ਪਿਤਾ ਮੇਰੈ ਮਨਿ ਭਾਇਆ ॥੩॥
ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥
ਏਕੈ ਠਾਹਰ ਦੁਹਾ ਬਸੇਰਾ ॥
ਕਹੁ ਕਬੀਰ ਜਨਿ ਏਕੋ ਬੂਝਿਆ ॥
ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥
ਆਸਾ ॥
ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥
ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥
ਨਕਟੀ ਕੋ ਠਨਗਨੁ ਬਾਡਾ ਡੂੰ ॥
ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥
ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥
ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥
ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥
ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥
ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥
ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥
ਆਸਾ ॥
ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥
ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥੧॥
ਤਾ ਤੇ ਸੇਵੀਅਲੇ ਰਾਮਨਾ ॥
ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥੧॥ ਰਹਾਉ ॥
ਆਗਮ ਨਿਰਗਮ ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥
ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥੨॥
ਰਾਜ ਭੋਗ ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥
ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥੩॥
ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥
ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥੪॥੫॥
ਆਸਾ ॥
ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ ॥
ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥੧॥
ਰਾਜਾ ਰਾਮ ਕਕਰੀਆ ਬਰੇ ਪਕਾਏ ॥
ਕਿਨੈ ਬੂਝਨਹਾਰੈ ਖਾਏ ॥੧॥ ਰਹਾਉ ॥
ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥
ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥੨॥
ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥
ਰੂਪ ਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥
ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥੪॥੬॥
ਆਸਾ ॥
ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥
ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥੧॥
ਐਸਾ ਜੋਗੀ ਨਉ ਨਿਧਿ ਪਾਵੈ ॥
ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥੧॥ ਰਹਾਉ ॥
ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥
ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ ॥੨॥
ਦਇਆ ਫਾਹੁਰੀ ਕਾਇਆ ਕਰਿ ਧੂਈ ਦ੍ਰਿਸਟਿ ਕੀ ਅਗਨਿ ਜਲਾਵੈ ॥
ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥੩॥
ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥
ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥੪॥੭॥
ਆਸਾ ॥
ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥
ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥੧॥
ਕਾਜੀ ਤੈ ਕਵਨ ਕਤੇਬ ਬਖਾਨੀ ॥
ਪੜ੍ਹਤ ਗੁਨਤ ਐਸੇ ਸਭ ਮਾਰੇ ਕਿਨਹੂੰ ਖਬਰਿ ਨ ਜਾਨੀ ॥੧॥ ਰਹਾਉ ॥
ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥
ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥੨॥
ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥
ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥੩॥
ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥
ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥੪॥੮॥
ਆਸਾ ॥
ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥
ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥
ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥
ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥
ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥
ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥
ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥
ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥
ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥
ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥
ਦੁਤੁਕੇ
ੴ ਸਤਿਗੁਰ ਪ੍ਰਸਾਦਿ ॥
ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥
ਸਨਕ ਸਨੰਦ ਅੰਤੁ ਨਹੀ ਪਾਇਆ ॥
ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥
ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥
ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥
ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
ਕਹੁ ਕਬੀਰ ਨਦਰਿ ਕਰੇ ਜੇ ਮੀਂਰਾ ॥
ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥
ਆਸਾ ॥
ਬਾਤੀ ਸੂਕੀ ਤੇਲੁ ਨਿਖੂਟਾ ॥
ਮੰਦਲੁ ਨ ਬਾਜੈ ਨਟੁ ਪੈ ਸੂਤਾ ॥੧॥
ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥
ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥੧॥ ਰਹਾਉ ॥
ਟੂਟੀ ਤੰਤੁ ਨ ਬਜੈ ਰਬਾਬੁ ॥
ਭੂਲਿ ਬਿਗਾਰਿਓ ਅਪਨਾ ਕਾਜੁ ॥੨॥
ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥੩॥
ਕਹਤ ਕਬੀਰ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮ ਪਦੁ ਦੂਰੇ ॥੪॥੨॥੧੧॥
ਆਸਾ ॥
ਸੁਤੁ ਅਪਰਾਧ ਕਰਤ ਹੈ ਜੇਤੇ ॥
ਜਨਨੀ ਚੀਤਿ ਨ ਰਾਖਸਿ ਤੇਤੇ ॥੧॥
ਰਾਮਈਆ ਹਉ ਬਾਰਿਕੁ ਤੇਰਾ ॥
ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥
ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥
ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥
ਚਿੰਤ ਭਵਨਿ ਮਨੁ ਪਰਿਓ ਹਮਾਰਾ ॥
ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥
ਦੇਹਿ ਬਿਮਲ ਮਤਿ ਸਦਾ ਸਰੀਰਾ ॥
ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥
ਆਸਾ ॥
ਹਜ ਹਮਾਰੀ ਗੋਮਤੀ ਤੀਰ ॥
ਜਹਾ ਬਸਹਿ ਪੀਤੰਬਰ ਪੀਰ ॥੧॥
ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥
ਹਰਿ ਕਾ ਨਾਮੁ ਮੇਰੈ ਮਨਿ ਭਾਵਤਾ ਹੈ ॥੧॥ ਰਹਾਉ ॥
ਨਾਰਦ ਸਾਰਦ ਕਰਹਿ ਖਵਾਸੀ ॥
ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥
ਕੰਠੇ ਮਾਲਾ ਜਿਹਵਾ ਰਾਮੁ ॥
ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥
ਕਹਤ ਕਬੀਰ ਰਾਮ ਗੁਨ ਗਾਵਉ ॥
ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫
ੴ ਸਤਿਗੁਰ ਪ੍ਰਸਾਦਿ ॥
ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥
ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥
ਭੂਲੀ ਮਾਲਨੀ ਹੈ ਏਉ ॥
ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥
ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥
ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥
ਪਾਖਾਨ ਗਢਿ ਕੈ ਮੂਰਤਿ ਕੀਨ੍ਹੀ ਦੇ ਕੈ ਛਾਤੀ ਪਾਉ ॥
ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥
ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥
ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥
ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥
ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥
ਆਸਾ ॥
ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥
ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥
ਮੇਰੀ ਮੇਰੀ ਕਰਤੇ ਜਨਮੁ ਗਇਓ ॥
ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥
ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥
ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥
ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥
ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥
ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥
ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥
ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥
ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥
ਆਸਾ ॥
ਕਾਹੂ ਦੀਨੇ੍ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥
ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥
ਅਹਿਰਖ ਵਾਦੁ ਨ ਕੀਜੈ ਰੇ ਮਨ ॥
ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥
ਕੁਮ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥
ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥
ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥
ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥
ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥
ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥
ਆਸਾ ॥
ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥
ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥
ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ ॥
ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਨ ਹੋਈ ॥
ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥
ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥
ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥
ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥
ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥
ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥
ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥
ਆਸਾ ॥
ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥
ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥
ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥
ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ ॥
ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨ੍ਹਾ ॥
ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨ੍ਹਾ ॥੨॥
ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥
ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥੩॥
ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ ॥
ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥
ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ ॥
ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥
ਆਸਾ ਇਕਤੁਕੇ ੪ ॥
ਸਰਪਨੀ ਤੇ ਊਪਰਿ ਨਹੀ ਬਲੀਆ ॥
ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥
ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥
ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥
ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥
ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥
ਬਲੁ ਅਬਲੁ ਕਿਆ ਇਸ ਤੇ ਹੋਈ ॥੪॥
ਇਹ ਬਸਤੀ ਤਾ ਬਸਤ ਸਰੀਰਾ ॥
ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥
ਆਸਾ ॥
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥
ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥
ਰਾਮ ਰਾਮ ਰਾਮ ਰਮੇ ਰਮਿ ਰਹੀਐ ॥
ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥
ਕਊਆ ਕਹਾ ਕਪੂਰ ਚਰਾਏ ॥
ਕਹ ਬਿਸੀਅਰ ਕਉ ਦੂਧੁ ਪੀਆਏ ॥੨॥
ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥
ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥
ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥
ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥
ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥
ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥
ਆਸਾ ॥
ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥
ਤਿਹ ਰਾਵਨ ਘਰ ਖਬਰਿ ਨ ਪਾਈ ॥੧॥
ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥
ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥
ਇਕੁ ਲਖੁ ਪੂਤ ਸਵਾ ਲਖੁ ਨਾਤੀ ॥
ਤਿਹ ਰਾਵਨ ਘਰ ਦੀਆ ਨ ਬਾਤੀ ॥੨॥
ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥
ਬੈਸੰਤਰੁ ਜਾ ਕੇ ਕਪਰੇ ਧੋਈ ॥੩॥
ਗੁਰਮਤਿ ਰਾਮੈ ਨਾਮਿ ਬਸਾਈ ॥
ਅਸਥਿਰੁ ਰਹੈ ਨ ਕਤਹੂੰ ਜਾਈ ॥੪॥
ਕਹਤ ਕਬੀਰ ਸੁਨਹੁ ਰੇ ਲੋਈ ॥
ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥
ਆਸਾ ॥
ਪਹਿਲਾ ਪੂਤੁ ਪਿਛੈਰੀ ਮਾਈ ॥
ਗੁਰੁ ਲਾਗੋ ਚੇਲੇ ਕੀ ਪਾਈ ॥੧॥
ਏਕੁ ਅਚੰਭਉ ਸੁਨਹੁ ਤੁਮ੍ਹ ਭਾਈ ॥
ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ ॥
ਜਲ ਕੀ ਮਛੁਲੀ ਤਰਵਰਿ ਬਿਆਈ ॥
ਦੇਖਤ ਕੁਤਰਾ ਲੈ ਗਈ ਬਿਲਾਈ ॥੨॥
ਤਲੈ ਰੇ ਬੈਸਾ ਊਪਰਿ ਸੂਲਾ ॥
ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥
ਘੋਰੈ ਚਰਿ ਭੈਸ ਚਰਾਵਨ ਜਾਈ ॥
ਬਾਹਰਿ ਬੈਲੁ ਗੋਨਿ ਘਰਿ ਆਈ ॥੪॥
ਕਹਤ ਕਬੀਰ ਜੁ ਇਸ ਪਦ ਬੂਝੈ ॥
ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥
ਬਾਈਸ ਚਉਪਦੇ ਤਥਾ ਪੰਚਪਦੇ ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧
ੴ ਸਤਿਗੁਰ ਪ੍ਰਸਾਦਿ ॥
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
ਆਸਾ ॥
ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥
ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥
ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥
ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥
ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥
ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥
ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥
ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥
ਆਸਾ ॥
ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥
ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥
ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥
ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥
ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥
ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥
ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥
ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥
ਆਸਾ ॥
ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥
ਤੁਮ੍ਹ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥੧॥
ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥
ਜਮ ਦੁਆਰ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥੧॥ ਰਹਾਉ ॥
ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥
ਕਬਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥੨॥
ਤੂੰ ਬਾਮ੍ਹਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥
ਤੁਮ੍ਹ ਤਉ ਜਾਚੇ ਭੂਪਤਿ ਰਾਜੇ ਹਰਿ ਸਉ ਮੋਰ ਧਿਆਨਾ ॥੩॥੪॥੨੬॥
ਆਸਾ ॥
ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥
ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥
ਬਾਬਾ ਮਾਇਆ ਮੋਹ ਹਿਤੁ ਕੀਨ੍ਹ ॥
ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ ॥੧॥ ਰਹਾਉ ॥
ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥
ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥
ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥
ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥
ਆਸਾ ॥
ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥
ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ ॥੧॥
ਅਬ ਮੋਹਿ ਨਾਚਨੋ ਨ ਆਵੈ ॥
ਮੇਰਾ ਮਨੁ ਮੰਦਰੀਆ ਨ ਬਜਾਵੈ ॥੧॥ ਰਹਾਉ ॥
ਕਾਮੁ ਕ੍ਰੋਧੁ ਮਾਇਆ ਲੈ ਜਾਰੀ ਤ੍ਰਿਸਨਾ ਗਾਗਰਿ ਫੂਟੀ ॥
ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥੨॥
ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥
ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥੩॥੬॥੨੮॥
ਆਸਾ ॥
ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥
ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥੧॥
ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥
ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥੧॥ ਰਹਾਉ ॥
ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥
ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥੨॥
ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ ॥
ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰ ਪੁਕਾਰੀ ॥੩॥੭॥੨੯॥
ਆਸਾ ॥ ਤਿਪਦਾ ॥ ਇਕਤੁਕਾ ॥
ਕੀਓ ਸਿੰਗਾਰੁ ਮਿਲਨ ਕੇ ਤਾਈ ॥
ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥
ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥
ਰਾਮ ਬਡੇ ਮੈ ਤਨਕ ਲਹੁਰੀਆ ॥੧॥ ਰਹਾਉ ॥
ਧਨ ਪਿਰ ਏਕੈ ਸੰਗਿ ਬਸੇਰਾ ॥
ਸੇਜ ਏਕ ਪੈ ਮਿਲਨੁ ਦੁਹੇਰਾ ॥੨॥
ਧੰਨਿ ਸੁਹਾਗਨਿ ਜੋ ਪੀਅ ਭਾਵੈ ॥
ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥
ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥
ਹਰਿ ਕੀ ਕਥਾ ਅਨਾਹਦ ਬਾਨੀ ॥
ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥
ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥
ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥
ਆਸਾ ॥
ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥
ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥੧॥
ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥
ਜੁਗੁ ਜੁਗੁ ਜੀਵਉ ਮੇਰੀ ਅਬ ਕੀ ਧਰੀ ॥੧॥ ਰਹਾਉ ॥
ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥
ਲਹੁਰੀ ਸੰਗਿ ਭਈ ਅਬ ਮੇਰੈ ਜੇਠੀ ਅਉਰੁ ਧਰਿਓ ॥੨॥੨॥੩੨॥
ਆਸਾ ॥
ਮੇਰੀ ਬਹੁਰੀਆ ਕੋ ਧਨੀਆ ਨਾਉ ॥
ਲੇ ਰਾਖਿਓ ਰਾਮ ਜਨੀਆ ਨਾਉ ॥੧॥
ਇਨ੍ਹ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥
ਬਿਟਵਹਿ ਰਾਮ ਰਮਊਆ ਲਾਵਾ ॥੧॥ ਰਹਾਉ ॥
ਕਹਤੁ ਕਬੀਰ ਸੁਨਹੁ ਮੇਰੀ ਮਾਈ ॥
ਇਨ੍ਹ ਮੁੰਡੀਅਨ ਮੇਰੀ ਜਾਤਿ ਗਵਾਈ ॥੨॥੩॥੩੩॥
ਆਸਾ ॥
ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥
ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥
ਘੂੰਘਟੁ ਕਾਢਿ ਗਈ ਤੇਰੀ ਆਗੈ ॥
ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥
ਘੂੰਘਟ ਕਾਢੇ ਕੀ ਇਹੈ ਬਡਾਈ ॥
ਦਿਨ ਦਸ ਪਾਂਚ ਬਹੂ ਭਲੇ ਆਈ ॥੨॥
ਘੂੰਘਟੁ ਤੇਰੋ ਤਉ ਪਰਿ ਸਾਚੈ ॥
ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥
ਕਹਤ ਕਬੀਰ ਬਹੂ ਤਬ ਜੀਤੈ ॥
ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥
ਆਸਾ ॥
ਕਰਵਤੁ ਭਲਾ ਨ ਕਰਵਟ ਤੇਰੀ ॥
ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥
ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥
ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥
ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥
ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥
ਆਸਾ ॥
ਕੋਰੀ ਕੋ ਕਾਹੂ ਮਰਮੁ ਨ ਜਾਨਾਂ ॥
ਸਭੁ ਜਗੁ ਆਨਿ ਤਨਾਇਓ ਤਾਨਾਂ ॥੧॥ ਰਹਾਉ ॥
ਜਬ ਤੁਮ ਸੁਨਿ ਲੇ ਬੇਦ ਪੁਰਾਨਾਂ ॥
ਤਬ ਹਮ ਇਤਨਕੁ ਪਸਰਿਓ ਤਾਨਾਂ ॥੧॥
ਧਰਨਿ ਅਕਾਸ ਕੀ ਕਰਗਹ ਬਨਾਈ ॥
ਚੰਦੁ ਸੂਰਜੁ ਦੁਇ ਸਾਥ ਚਲਾਈ ॥੨॥
ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾਂ ॥
ਜੋਲਾਹੇ ਘਰੁ ਅਪਨਾ ਚੀਨ੍ਹਾਂ ਘਟ ਹੀ ਰਾਮੁ ਪਛਾਨਾਂ ॥੩॥
ਕਹਤੁ ਕਬੀਰੁ ਕਾਰਗਹ ਤੋਰੀ ॥
ਸੂਤੈ ਸੂਤ ਮਿਲਾਏ ਕੋਰੀ ॥੪॥੩॥੩੬॥
ਆਸਾ ॥
ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
ਪੂਜਹੁ ਰਾਮੁ ਏਕੁ ਹੀ ਦੇਵਾ ॥
ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥
ੴ ਸਤਿਗੁਰ ਪ੍ਰਸਾਦਿ ॥
ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ
ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥
ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥੧॥
ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥
ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥੧॥ ਰਹਾਉ ॥
ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥
ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥੨॥
ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥
ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥੩॥
ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥
ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥੪॥੧॥
ਆਸਾ ॥
ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥
ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥
ਜਤ੍ਰ ਜਾਉ ਤਤ ਬੀਠਲੁ ਭੈਲਾ ॥
ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥
ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥
ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥
ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥
ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥
ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥
ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥
ਆਸਾ ॥
ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥
ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
ਆਠ ਪਹਰ ਅਪਨਾ ਖਸਮੁ ਧਿਆਵਉ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥
ਆਸਾ ॥
ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥
ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥
ਕਾਹੇ ਕਉ ਕੀਜੈ ਧਿਆਨੁ ਜਪੰਨਾ ॥
ਜਬ ਤੇ ਸੁਧੁ ਨਾਹੀ ਮਨੁ ਅਪਨਾ ॥੧॥ ਰਹਾਉ ॥
ਸਿੰਘਚ ਭੋਜਨੁ ਜੋ ਨਰੁ ਜਾਨੈ ॥
ਐਸੇ ਹੀ ਠਗਦੇਉ ਬਖਾਨੈ ॥੨॥
ਨਾਮੇ ਕੇ ਸੁਆਮੀ ਲਾਹਿ ਲੇ ਝਗਰਾ ॥
ਰਾਮ ਰਸਾਇਨ ਪੀਉ ਰੇ ਦਗਰਾ ॥੩॥੪॥
ਆਸਾ ॥
ਪਾਰਬ੍ਰਹਮੁ ਜਿ ਚੀਨ੍ਹਸੀ ਆਸਾ ਤੇ ਨ ਭਾਵਸੀ ॥
ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥
ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥
ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥
ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥
ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥
ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥
ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥
ਮਾਧੋ ਅਬਿਦਿਆ ਹਿਤ ਕੀਨ ॥
ਬਿਬੇਕ ਦੀਪ ਮਲੀਨ ॥੧॥ ਰਹਾਉ ॥
ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥
ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥
ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥
ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥
ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥
ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥
ਆਸਾ ॥
ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥
ਸੰਤ ਚੀ ਸੰਗਤਿ ਸੰਤ ਕਥਾ ਰਸੁ ॥ ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥
ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥੨॥
ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥
ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥
ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥
ਸੰਤ ਅਨੰਤਹਿ ਅੰਤਰੁ ਨਾਹੀ ॥੪॥੨॥
ਆਸਾ ॥
ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥
ਮਾਧਉ ਸਤਸੰਗਤਿ ਸਰਨਿ ਤੁਮ੍ਹਾਰੀ ॥
ਹਮ ਅਉਗਨ ਤੁਮ੍ਹ ਉਪਕਾਰੀ ॥੧॥ ਰਹਾਉ ॥
ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥
ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥
ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥
ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥
ਆਸਾ ॥
ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥
ਤੁਝਹਿ ਚਰਨ ਅਰਬਿੰਦ ਭਵਨ ਮਨੁ ॥
ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥
ਸੰਪਤਿ ਬਿਪਤਿ ਪਟਲ ਮਾਇਆ ਧਨੁ ॥
ਤਾ ਮਹਿ ਮਗਨ ਹੋਤ ਨ ਤੇਰੋ ਜਨੁ ॥੨॥
ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨ ॥
ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥੩॥੪॥
ਆਸਾ ॥
ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥੧॥ ਰਹਾਉ ॥
ਹਰਿ ਕੇ ਨਾਮ ਕਬੀਰ ਉਜਾਗਰ ॥
ਜਨਮ ਜਨਮ ਕੇ ਕਾਟੇ ਕਾਗਰ ॥੧॥
ਨਿਮਤ ਨਾਮਦੇਉ ਦੂਧੁ ਪੀਆਇਆ ॥
ਤਉ ਜਗ ਜਨਮ ਸੰਕਟ ਨਹੀ ਆਇਆ ॥੨॥
ਜਨ ਰਵਿਦਾਸ ਰਾਮ ਰੰਗਿ ਰਾਤਾ ॥
ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥੩॥੫॥
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
ਕਹਿ ਰਵਿਦਾਸ ਬਾਜੀ ਜਗੁ ਭਾਈ ॥
ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥੩॥੬॥
ਆਸਾ ਬਾਣੀ ਭਗਤ ਧੰਨੇ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥
ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥
ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥
ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥
ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥
ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥
ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥
ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥
ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥
ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
ਮਹਲਾ ੫ ॥
ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥
ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥
ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥
ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥
ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥
ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥
ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥
ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥
ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥
ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥
ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥
ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥
ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥
ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥
ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥
ਆਸਾ ਸੇਖ ਫਰੀਦ ਜੀਉ ਕੀ ਬਾਣੀ
ੴ ਸਤਿਗੁਰ ਪ੍ਰਸਾਦਿ ॥
ਦਿਲਹੁ ਮੁਹਬਤਿ ਜਿੰਨ੍ਹ ਸੇਈ ਸਚਿਆ ॥
ਜਿਨ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥
ਆਸਾ ॥
ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥
ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥
ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥
ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥
ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥
ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥
ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥੩॥
ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥
ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥
ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥
ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥
ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥
ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥
ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥
ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥
ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥
ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥
