ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥
ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥
ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥
ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥
ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥
ਸੋ ਦਿਨੁ ਆਵਨ ਲਾਗਾ ॥
ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥
ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥
ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥
ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥
ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥
ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥
ਓਛੇ ਤਪ ਕਰਿ ਬਾਹੁਰਿ ਐਬੋ ॥੧॥
ਕਿਆ ਮਾਂਗਉ ਕਿਛੁ ਥਿਰੁ ਨਾਹੀ ॥
ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥
ਸੋਭਾ ਰਾਜ ਬਿਭੈ ਬਡਿਆਈ ॥
ਅੰਤਿ ਨ ਕਾਹੂ ਸੰਗ ਸਹਾਈ ॥੨॥
ਪੁਤ੍ਰ ਕਲਤ੍ਰ ਲਛਮੀ ਮਾਇਆ ॥
ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥
ਕਹਤ ਕਬੀਰ ਅਵਰ ਨਹੀ ਕਾਮਾ ॥
ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥
ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥
ਹਮਰੋ ਕਰਤਾ ਰਾਮੁ ਸਨੇਹੀ ॥
ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥
ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥
ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥
ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥
ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥
ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥
ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥
ਦਸ ਬੈਰਾਗਨਿ ਮੋਹਿ ਬਸਿ ਕੀਨ੍ਹੀ ਪੰਚਹੁ ਕਾ ਮਿਟ ਨਾਵਉ ॥
ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥
ਪਾਛੈ ਬਹੁਰਿ ਨ ਆਵਨੁ ਪਾਵਉ ॥
ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥
ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥
ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥
ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥
ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥
ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥
ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥
ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥
ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥
ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥
ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥
ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥
ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥
ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥
ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥
ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥
ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥
ਪਹਿਲ ਪੁਰੀਏ ਪੁੰਡਰਕ ਵਨਾ ॥
ਤਾ ਚੇ ਹੰਸਾ ਸਗਲੇ ਜਨਾਂ ॥
ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥
ਪਹਿਲ ਪੁਰਸਾਬਿਰਾ ॥
ਅਥੋਨ ਪੁਰਸਾਦਮਰਾ ॥
ਅਸਗਾ ਅਸ ਉਸਗਾ ॥
ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥
ਨਾਚੰਤੀ ਗੋਪੀ ਜੰਨਾ ॥
ਨਈਆ ਤੇ ਬੈਰੇ ਕੰਨਾ ॥
ਤਰਕੁ ਨ ਚਾ ॥
ਭ੍ਰਮੀਆ ਚਾ ॥
ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥
ਪਿੰਧੀ ਉਭਕਲੇ ਸੰਸਾਰਾ ॥
ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥
ਤੂ ਕੁਨੁ ਰੇ ॥
ਮੈ ਜੀ ॥ ਨਾਮਾ ॥ ਹੋ ਜੀ ॥
ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੇ ਲੇਖੇ ॥
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥
ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥
ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥
ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥
ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥
ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥
ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥
ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥
ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥
ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥
ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥
ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ
ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥
ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥
ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥
ਕੁਲ ਜਨ ਮਧੇ ਮਿਲਿ੍ਯੋ ਸਾਰਗ ਪਾਨ ਰੇ ॥
ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥
ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥
ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥
ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥
ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥
ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥
ਕਰਮ ਕਰਿ ਖਾਰੁ ਮਫੀਟਸਿ ਰੀ ॥੪॥
ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥
ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥
ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥
ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
ਸ੍ਰੀ ਸੈਣੁ ॥
ਧੂਪ ਦੀਪ ਘ੍ਰਿਤ ਸਾਜਿ ਆਰਤੀ ॥
ਵਾਰਨੇ ਜਾਉ ਕਮਲਾ ਪਤੀ ॥੧॥
ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥
ਊਤਮੁ ਦੀਅਰਾ ਨਿਰਮਲ ਬਾਤੀ ॥
ਤੁਹੀਂ ਨਿਰੰਜਨੁ ਕਮਲਾ ਪਾਤੀ ॥੨॥
ਰਾਮਾ ਭਗਤਿ ਰਾਮਾਨੰਦੁ ਜਾਨੈ ॥
ਪੂਰਨ ਪਰਮਾਨੰਦੁ ਬਖਾਨੈ ॥੩॥
ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
ਪੀਪਾ ॥
ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥
ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥
ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥
ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥
ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥
ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥
ਧੰਨਾ ॥
ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ ਸੀਧਾ ਮਾਗਉ ਘੀਉ ॥
ਹਮਰਾ ਖੁਸੀ ਕਰੈ ਨਿਤ ਜੀਉ ॥
ਪਨ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥
ਗਊ ਭੈਸ ਮਗਉ ਲਾਵੇਰੀ ॥
ਇਕ ਤਾਜਨਿ ਤੁਰੀ ਚੰਗੇਰੀ ॥
ਘਰ ਕੀ ਗੀਹਨਿ ਚੰਗੀ ॥
ਜਨੁ ਧੰਨਾ ਲੇਵੈ ਮੰਗੀ ॥੨॥੪॥
